Brar podcast Tv
Brar podcast Tv
February 27, 2025 at 03:33 AM
*ਨਾਨਕਸਰ ਕਲੇਰਾ ਤੋਂ ਅੱਜ ਸਵੇਰ ( 27 ਫਰਵਰੀ 2025 ) ਦਾ ਹੁਕਮਨਾਮਾ ਸਹਿਬ ਜੀ (ਅੰਗ 619)* *ਸੋਰਠਿ ਮਹਲਾ ੫ ॥* *ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥* ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, *ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥* (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। *ਸਾਚਾ ਸਾਹਿਬੁ ਸਦ ਮਿਹਰਵਾਣ ॥* ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, *ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥* (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। *ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥* ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, *ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥* ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪। *ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ* *ਵਾਹਿਗੂਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ 🙏🙏🙏🙏🙏*

Comments