Brar podcast Tv
February 28, 2025 at 03:07 AM
*ਨਾਨਕਸਰ ਕਲੇਰਾਂ ਤੋਂ ਅੱਜ ਸਵੇਰ (28 ਫਰਵਰੀ 2025 ) ਦਾ ਹੁਕਮਨਾਮਾ ਸਹਿਬ ਜੀ (ਅੰਗ 621 - 622)*
*ਸੋਰਠਿ ਮਹਲਾ ੫ ॥*
*ਗੁਰਿ ਪੂਰੈ ਕਿਰਪਾ ਧਾਰੀ ॥*
ਪੂਰੇ ਗੁਰੂ ਨੇ ਮੇਹਰ ਕੀਤੀ ਹੈ,
*ਪ੍ਰਭਿ ਪੂਰੀ ਲੋਚ ਹਮਾਰੀ ॥*
ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ ।
*ਕਰਿ ਇਸਨਾਨੁ ਗ੍ਰਿਹਿ ਆਏ ॥*
ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ ।
*ਅਨਦ ਮੰਗਲ ਸੁਖ ਪਾਏ ॥੧॥*
ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ ।੧।
*ਸੰਤਹੁ ਰਾਮ ਨਾਮਿ ਨਿਸਤਰੀਐ ॥*
ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।
*ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥*
ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ ।੧।ਰਹਾਉ।
*ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥*
ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ ।
*ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥*
ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ ।੨।
*ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥*
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ ।
*ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥*
ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ ।੩।
*ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥*
ਹੇ ਨਾਨਕ! (ਆਖ—ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ,
*ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥*
ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ ।੪।੩।੫੩।
*ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ 🙏🙏💐🙏🙏*